ਬੰਦੀ ਛੋੜ ਦਿਵਸ
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਸਿੱਖ ਇਤਿਹਾਸ ਵਿਚ ਇਕ ਕ੍ਰਾਂਤੀਕਾਰੀ ਮੋੜ ਲੈ ਆਂਦਾ। ਸਤਿਗੁਰਾਂ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਗੱਦੀ ਦੀ ਪ੍ਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਮੁਤਾਬਿਕ ਬਦਲਿਆ ਅਤੇ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੀਆਂ ਦੋ ਕਿ੍ਪਾਨਾਂ ਪਹਿਨੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕੀਤੀ, ਜਿਥੇ ਦੀਵਾਨ ਸਜਦੇ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰਰਸੀ ਵਾਰਾਂ ਵੀ ਗਾਈਆਂ ਜਾਣ ਲੱਗੀਆਂ। ਗੁਰੂ ਸਾਹਿਬ ਨੇ ਸਿੱਖ ਸੰਗਤਾਂ ਨੂੰ ਦਰਸ਼ਨਾਂ ਲਈ ਆਉਂਦੇ ਸਮੇਂ ਚੰਗੇ ਨਸਲੀ ਘੋੜੇ ਅਤੇ ਸ਼ਸਤਰ ਲਿਆਉਣ ਦੇ ਆਦੇਸ਼ ਵੀ ਜਾਰੀ ਕੀਤੇ। ਅਣਖੀਲੇ ਗੱਭਰੂਆਂ ਦੀ ਫੌਜ ਤਿਆਰ ਕਰਕੇ ਉਨ੍ਹਾਂ ਨੂੰ ਜੰਗ ਦੀ ਟ੍ਰੇਨਿੰਗ ਦਿੱਤੀ ਜਾਣ ਲੱਗੀ। ਲੋਹਗੜ੍ਹ ਕਿਲ੍ਹੇ ਦੀ ਸਥਾਪਨਾ ਕੀਤੀ। ਗੁਰੂ-ਘਰ ਦੇ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ, ਜਿਸ ਦੇ ਫ਼ਲਸਰੂਪ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਪੰਜਾਬ ਵਿਚ ਬਗ਼ਾਵਤ ਨੂੰ ਸ਼ਹਿ ਦੇਣ ਦੇ ਦੋਸ਼ ਵਿਚ ਗਵਾਲੀਅਰ ਦੇ ਕਿਲ੍ਹੇ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਗੁਰੂ ਸਾਹਿਬ ਦੇ ਪਹੁੰਚਣ ਨਾਲ ਗਵਾਲੀਅਰ ਦੇ ਕਿਲ੍ਹੇ ‘ਚ ਦੋਵੇਂ ਵੇਲੇ ਕੀਰਤਨ ਅਤੇ ਸਤਿਸੰਗ ਹੋਣ ਲੱਗਾ। ਉਧਰ ਗੁਰੂ ਸਾਹਿਬ ਦੀ ਨਜ਼ਰਬੰਦੀ ਲੰਬੀ ਹੋ ਜਾਣ ਕਾਰਨ ਸਿੱਖਾਂ ਵਿਚ ਬੇਚੈਨੀ ਵਧਣ ਲੱਗੀ | ਸਿੱਖ ਸੰਗਤਾਂ ਦਾ ਇਕ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਬਾਬਾ ਬੁੱਢਾ ਜੀ ਦੀ ਅਗਵਾਈ ਵਿਚ ਗਵਾਲੀਅਰ ਲਈ ਰਵਾਨਾ ਹੋਇਆ। ਜਦੋਂ ਇਹ ਜਥਾ ਗਵਾਲੀਅਰ ਦੇ ਕਿਲ੍ਹੇ ਪਹੁੰਚਿਆ ਤਾਂ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਮੁਲਾਕਾਤ ਜਾਂ ਦਰਸ਼ਨ ਕਰਨ ਦੀ ਇਜ਼ਾਜ਼ਤ ਨਾ ਮਿਲ ਸਕੀ। ਦੂਜੇ ਪਾਸੇ ਸਾਈ ਮੀਆਂ ਮੀਰਵੱਲੋਂ ਗੁਰੂ ਦੀ ਰਿਹਾਈ ਸਬੰਧੀ ਜਹਾਂਗੀਰ ਨਾਲ ਗੱਲਬਾਤ ਨੂੰ ਕਾਮਯਾਬੀ ਮਿਲੀ। ਪਰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਕੱਲਿਆਂ ਕਿਲ੍ਹੇ ਵਿਚੋਂ ਰਿਹਾਅ ਹੋਣਾ ਸਵੀਕਾਰ ਨਾ ਕੀਤਾ। ਗੁਰੂ ਸਾਹਿਬ ਦੀ ਰਹਿਮਤ ਸਦਕਾ ਕਿਲ੍ਹੇ ਵਿਚ ਨਜ਼ਰਬੰਦ 52 ਰਾਜਪੂਤ ਰਾਜਿਆਂ ਨੂੰ ਵੀ ਬੰਦੀਖਾਨੇ ਤੋਂ ਮੁਕਤੀ ਮਿਲੀ। ਇਸ ਦਿਨ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ‘ਬੰਦੀ-ਛੋੜ’ ਦਾਤਾ ਦੇ ਨਾਂਅ ਨਾਲ ਵੀ ਜਾਣਿਆ ਜਾਣ ਲੱਗਾ। ਰਿਹਾਈ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪੁੱਜੇ, ਤਾਂ ਉਸ ਦਿਨ ਦੀਵਾਲੀ ਦਾ ਦਿਨ ਸੀ। ਸਿੱਖ ਸੰਗਤਾਂ ਨੇ ਘਰਾਂ ਵਿਚ ਘਿਓ ਦੇ ਦੀਵੇ ਜਗਾਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਖੁਸ਼ੀ ਵਿਚ ਦੀਪਮਾਲਾ ਕੀਤੀ ਗਈ।

plzz sab nu share kro…


Related Posts

Leave a Reply

Your email address will not be published. Required fields are marked *